ਮੁੱਖ ਮੰਤਰੀ ਵੱਲੋਂ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਵੱਲੋਂ ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ (ਪੀ.ਐਫ.ਟੀ.ਏ.ਏ.) ਦੇ ਸਹਿਯੋਗ ਨਾਲ ਕਰਵਾਏ ਗਏ ਆਪਣੀ ਕਿਸਮ ਦੇ ਪਹਿਲੇ ਸੱਭਿਆਚਾਰਕ ਸਮਾਗਮ ਗੁਲਦਸਤਾ-2023 ਦਾ ਉਦਘਾਟਨ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪਹਿਲਕਦਮੀ ਦਾ ਉਦੇਸ਼ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ ਅਤੇ ਇਹ ਸਮਾਗਮ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਨੂੰ ਸਮਰਪਿਤ ਹੈ। ਭਗਵੰਤ ਸਿੰਘ ਮਾਨ ਨੇ ਪੀ.ਏ.ਪੀ. ਗਰਾਉਂਡ ਵਿੱਚ ਇਸ ਸਮਾਗਮ ਦਾ ਆਯੋਜਨ ਕਰਨ ਵਾਸਤੇ ਸਹਿਯੋਗ ਦੇਣ ਲਈ ਪੀ.ਐਫ.ਟੀ.ਏ.ਏ. ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ ਕਿਉਂਕਿ ਪੁਲਿਸ ਦੀ ਡਿਊਟੀ ਕਰਨ ਵਾਲਾ ਵਿਅਕਤੀ ਆਪਣੇ ਪਰਿਵਾਰ ਲਈ ਸਮਾਂ ਨਹੀਂ ਕੱਢ ਪਾਉਂਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕੱਠੇ ਮਿਲ ਕੇ ਬੈਠਣ ਅਤੇ ਸਮਾਗਮ ਦਾ ਆਨੰਦ ਮਾਨਣ ਦਾ ਮੌਕਾ ਪ੍ਰਦਾਨ ਕਰਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਤਿੰਨ ਕਰੋੜ ਤੋਂ ਵੱਧ ਲੋਕਾਂ ਲਈ ਆਰਾਮ ਦੀ ਨੀਂਦ ਨੂੰ ਯਕੀਨੀ ਬਣਾਉਣ ਵਾਸਤੇ 80,000 ਪੁਲਿਸ ਮੁਲਾਜ਼ਮ ਤਨਦੇਹੀ ਨਾਲ ਆਪਣੀ ਡਿਊਟੀ ਦੇ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਪੁਲਿਸ ਫੋਰਸ ਦੇ ਨਵੀਨੀਕਰਨ ‘ਤੇ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।

Leave a Reply

Your email address will not be published. Required fields are marked *