ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਲਿਆ ਜਾਇਜ਼ਾ

ਯੋਜਨਾਵਾਂ ਦਾ ਲਾਭ ਲਾਭਪਾਤਰੀਆਂ ਤੱਕ ਪਹੁੰਚਾਉਣ ਦੇ ਲਈ ਵੱਧ ਤੋਂ ਵੱਧ ਕੀਤਾ ਜਾਵੇ ਯੋਜਨਾਵਾਂ ਦਾ ਪ੍ਰਚਾਰ : ਚੇਅਰਮੈਨ ਮਲਕੀਤ ਸਿੰਘ ਥਿੰਦ

ਅੰਮ੍ਰਿਤਸਰ – ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਜਾਇਜ਼ਾ ਲੈਣ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਦਾ ਵੱਧ ਲਾਭ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ, ਵਧੀਕ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ ਵੀ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।

ਮੀਟਿੰਗ ਦੌਰਾਨ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਪੱਛੜੇ ਵਰਗ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਦੀ ਹਰੇਕ ਯੋਜਨਾ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਉਣ ਦੀ ਹਦਾਇਤ ਕੀਤੀ, ਤਾਂ ਜੋ ਕੋਈ ਜਰੂਰਤਮੰਦ ਸਰਕਾਰ ਦੀ ਭਲਾਈ ਸਕੀਮ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਹਰੇਕ ਗ੍ਰਾਂਟ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ ਦਾ ਲਾਭ ਲੈਣ ਲਈ ਕਿਸੇ ਨੂੰ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਹਰੇਕ ਵਰਗ ਨੇ ਨਾਲ ਪੱਛੜੇ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਹਰੇਕ ਪਿੰਡ, ਵਾਰਡ ਪੱਧਰ ਤੇ ਪੱਛੜੀਆਂ ਸ੍ਰੇਣੀਆਂ ਨੂੰ ਸਰਕਾਰ ਤੋਂ ਮਿਲਣ ਵਾਲੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਸ਼ਗਨ ਸਕੀਮ, ਸਕਾਲਰਸ਼ਿਪ ਸਕੀਮ, ਪਛੜੀ ਸ਼੍ਰੇਣੀ ਸਰਟੀਫਿਕੇਟ ਬਣਾਉਣ ਲਈ ਆਮਦਨ ਦੀ ਜਾਣਕਾਰੀ ਤੋਂ ਵਾਂਝੇ ਪੱਛੜੇ ਵਰਗ ਦੇ ਲੋਕਾਂ ਅੰਦਰ ਪ੍ਰਚਾਰ ਦੀ ਲੋੜ ਹੈ।

ਚੇਅਰਮੈਨ ਮਲਕੀਤ ਥਿੰਦ ਨੇ ਵੱਖ-ਵੱਖ ਅਧਿਕਾਰੀਆਂ ਤੋਂ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਜ਼ਿਲ੍ਹਾ ਤੇ ਸਬ ਡਵੀਜ਼ਨ ਪੱਧਰ ‘ਤੇ ਸਕੂਲਾਂ ਤੇ ਕਾਲਜਾਂ ਦੇ ਵਿਚ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਈ ਵਾਰ ਮਾਪਿਆਂ ਨੂੰ ਵੀ ਚਲਾਈਆਂ ਜਾ ਰਹੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਨਹੀਂ ਹੁੰਦੀ ਜਿਸ ਕਾਰਨ ਉਹ ਅਜਿਹੀਆਂ ਲਾਭਕਾਰੀ ਯੋਜਨਾਵਾਂ ਦਾ ਲਾਭ ਨਹੀਂ ਉਠਾ ਸਕਦੇ। ਉਨ੍ਹਾਂ ਨੇ ਕਿਹਾ ਕਿ ਬੀ.ਸੀ. ਦੇ ਸਰਟੀਫਿਕੇਟ ਬਣਾਉਣ ਦੇ ਲਈ ਜਿਹੜੇ ਸਰਟੀਫਿਕੇਟਾਂ ਦੀ ਜ਼ਰੂਰਤ ਹੋਵੇ ਉਸ ਸਬੰਧੀ ਵਿਸਥਾਰ ਦੇ ਨਾਲ ਲਾਭਪਾਤਰੀ ਨੂੰ ਜਾਣਕਾਰੀ ਮੁਹੱਈਆ ਕਰਵਾਈਆ ਜਾਵੇ ਤਾਂ ਜੋ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਦੇ ਉਹ ਆਪਣਾ ਸਰਟੀਫਿਕੇਟ ਜਲਦ ਬਣਾ ਕੇ ਯੋਜਨਾ ਦਾ ਲਾਭ ਲੈ ਸਕਣ। ਸਰਟੀਫਿਕੇਟ ਬਣਵਾਉਣ ਦੇ ਲਈ ਆਉਣ ਵਾਲਿਆਂ ਨੂੰ ਸਰਟੀਫਿਕੇਟ ਬਣਾਉਣ ਦੀ ਪ੍ਰਕਿਰਿਆ ਸਬੰਧੀ ਸਹੀ ਢੰਗ ਦੇ ਨਾਲ ਜਾਣਕਾਰੀ ਮੁਹੱਈਆ ਕਰਵਾਈ ਜਾਵੇ।

ਇਸ ਦੌਰਾਨ ਉਨ੍ਹਾਂ ਨੇ ਸਿੱਖਿਆ ਵਿਭਾਗ ਵਲੋਂ ਓ.ਬੀ.ਸੀ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਸਿਹਤ ਵਿਭਾਗ, ਪੀਐਸਪੀਸੀਐਲ, ਮੱਛੀ ਪਾਲਣ ਵਿਭਾਗ, ਖੇਤੀਬਾੜੀ, ਫੂਡ ਸਪਲਾਈ, ਰੋਜ਼ਗਾਰ ਬਿਊਰੋ, ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਵੀ ਆਪਣੇ-ਆਪਣੇ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਪੱਛੜੀਆਂ ਸ਼੍ਰੇਣੀਆ ਨਾਲ ਸਬੰਧਤ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਦਾ ਲਾਭ ਹੇਠਲੇ ਪੱਧਰ ਤੱਕ ਹਰ ਲੋੜਵੰਦ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਪੱਛੜੇ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਵੱਲੋਂ ਜੋ ਵੀ ਨਿਰਦੇਸ਼ ਪ੍ਰਾਪਤ ਹੋਏ ਹਨ ਉਨ੍ਹਾਂ ਨੂੰ ਜ਼ਮੀਨੀ ਪੱਧਰ `ਤੇ ਲਾਗੂ ਕੀਤਾ ਜਾਵੇ।

ਇਸ ਮੌਕੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ਼੍ਰੀ ਅਸੀਸ ਇੰਦਰ ਸਿੰਘ, ਚੇਅਰਮੈਨ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਸ਼੍ਰੀ ਸਤਪਾਲ ਸੋਖੀ, ਏ ਸੀ ਪੀ ਸ: ਕਮਲਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪੀ ਐਸ ਸਹੋਤਾ, ਇੰਜ: ਪੀ.ਐਸ.ਪੀ.ਸੀ ਐਲ ਸ: ਮਨਦੀਪ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫਸਰ ਸ਼੍ਰੀ ਰਾਜੇਸ਼ ਕੁਮਾਰ, ਬੈਕਫਿਕੋ ਤੋ ਸ਼੍ਰੀ ਰਾਜ ਕੁਮਾਰ, ਸਿਹਤ ਵਿਭਾਗ ਤੋ ਡਾ: ਨੀਲਮ, ਜਿਲ੍ਹਾ ਭਲਾਈ ਅਫਸਰ ਸ਼੍ਰੀ ਸੁਰਿੰਦਰ ਸਿੰਘ ਢਿਲੋ, ਡਾ: ਕੁਮਾਰ ਸਿੰਘ, ਸ਼੍ਰੀ ਰਣਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਸਮੇਤ ਪਛੜੀਆਂ ਸ਼੍ਰੇਣੀਆਂ ਨਾਲ ਸੰਬੰਧਿਤ ਵਿਅਕਤੀ ਹਾਜ਼ਰ ਸਨ।

Leave a Reply

Your email address will not be published. Required fields are marked *