ਕਰਤਾਰਪੁਰ (ਜਲੰਧਰ) : ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਅੱਜ ਪੰਜਾਬ ਭਰ ਵਿੱਚ ਜਨਤਕ ਸੁਣਵਾਈ ਕੈਂਪਾਂ ਦੀ ਲੜੀ ਤਹਿਤ ਇਥੇ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸਬ ਡਵੀਜ਼ਨ ਪੱਧਰੀ ਓਪਨ ਹੀਅਰਿੰਗ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਤੁਰੰਤ ਤੇ ਢੁੱਕਵੇਂ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਸ਼੍ਰੀ ਸ਼ੰਟੀ ਨੇ ਕਿਹਾ ਕਿ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਦਾ ਮੁੱਖ ਉਦੇਸ਼ ਮਨੁੱਖੀ ਅਧਿਕਾਰਾਂ ਦੀ ਰਾਖੀ, ਜਾਗਰੂਕਤਾ ਅਤੇ ਪੀੜਤਾਂ ਨੂੰ ਸਮੇਂ ਸਿਰ ਨਿਆਂ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਨਿਆਂ ਨੂੰ ਜ਼ਮੀਨੀ ਪੱਧਰ ਤੱਕ ਯਕੀਨੀ ਬਣਾਉਣ ਲਈ ਜਿਥੇ ਪੰਜਾਬ ਭਰ ਵਿੱਚ ਜਨਤਕ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ ਉਥੇ ਸੂਬੇ ਭਰ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਅਤੇ ਇਸ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਜ਼ਿਲ੍ਹਾ ਪੱਧਰੀ ‘ਕੋਰ ਗਰੁੱਪ’ ਬਣਾਏ ਗਏ ਹਨ।

ਸ਼੍ਰੀ ਸ਼ੰਟੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਕੋਈ ਵੀ ਹਸਪਤਾਲ ਬਕਾਇਆ ਬਿੱਲ ਕਾਰਨ ਮ੍ਰਿਤਕ ਦੇਹ ਰੋਕ ਕੇ ਨਹੀਂ ਰੱਖ ਸਕਦਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਲੋੜੀਂਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ਅਜਿਹੇ ਆਦੇਸ਼ ਜਾਰੀ ਕਰਨ ਵਾਲਾ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ।
ਪਦਮਸ਼੍ਰੀ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਵੱਲੋਂ ਵਟਸਐਪ ਹੈਲਪਲਾਈਨ ਨੰਬਰ 9855475547 ਜਾਰੀ ਕੀਤਾ ਗਿਆ ਹੈ। ਜੇਕਰ ਕਿਸੇ ਵਿਅਕਤੀ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੁੰਦੀ ਹੈ ਤਾਂ ਉਹ ਇਸ ਹੈਲਪਲਾਈਨ ਨੰਬਰ ’ਤੇ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਉਨ੍ਹਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮੁਹਿੰਮ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਵਰਗ ਦੇ ਸਾਂਝੇ ਯਤਨਾਂ ਸਦਕਾ ਇਸ ਸਮੱਸਿਆ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕਦਾ ਹੈ।
ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਦੇਸ਼ ਦੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਅਮਨਿੰਦਰ ਕੌਰ, ਐਸ.ਡੀ.ਐਮ. ਮੈਡਮ ਸ਼ਾਇਰੀ ਮਲਹੋਤਰਾ, ਡੀ.ਐਸ.ਪੀ. ਸ਼੍ਰੀ ਨਰਿੰਦਰ ਸਿੰਘ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਮੈਡਮ ਮਨਦੀਪ ਕੌਰ, ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਸ਼੍ਰੀ ਅਤਿਨ ਅਗਨੀਹੋਤਰੀ, ਜ਼ਿਲ੍ਹਾ ਇੰਚਾਰਜ (ਦਿਹਾਤੀ) ਸ਼੍ਰੀ ਅਜੈ ਭੀਲ, ਕਮਿਸ਼ਨ ਦੇ ਕੋਰ ਗਰੁੱਪ ਮੈਂਬਰ ਮੈਡਮ ਮਹਿੰਦਰਜੀਤ ਕੌਰ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
