ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਆਜ਼ਾਦੀ ਦਿਵਸ ਸਮਾਰੋਹ ਧੂਮਧਾਮ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ

ਜਲੰਧਰ, 15 ਅਗਸਤ 2026: ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ, ਜਲੰਧਰ ਵਿਖੇ ਆਜ਼ਾਦੀ ਦਿਵਸ ਸਮਾਰੋਹ ਪੂਰੀ ਸ਼ਾਨੋ-ਸ਼ੌਕਤ, ਦੇਸ਼ ਭਗਤੀ ਦੇ ਜਜ਼ਬੇ ਅਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ। ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਸ਼ਾਮਲ ਹੋਏ। ਉਨ੍ਹਾਂ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ, ਜਿਸ ਉਪਰੰਤ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਹਾਜ਼ਰੀਨ ਨੂੰ ਪ੍ਰੇਰਨਾਦਾਇਕ ਸੰਬੋਧਨ ਕਰਦਿਆਂ ਏਕਤਾ, ਅਨੁਸ਼ਾਸਨ, ਦੇਸ਼ ਭਗਤੀ ਅਤੇ ਰਾਸ਼ਟਰ ਸੇਵਾ ਪ੍ਰਤੀ ਸਮਰਪਿਤ ਰਹਿਣ ਦਾ ਸੱਦਾ ਦਿੱਤਾ।

ਸ਼ਾਨਦਾਰ ਮਾਰਚ ਪਾਸਟ ਤੇ ਸਲਾਮੀ:

ਸਮਾਰੋਹ ਦੌਰਾਨ ਆਯੋਜਿਤ ਕੀਤੀ ਗਈ ਸ਼ਾਨਦਾਰ ਪਰੇਡ ਵਿੱਚ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ITBP), ਜ਼ਿਲ੍ਹਾ ਪੁਲਿਸ ਜਲੰਧਰ ਦੀਆਂ ਪੁਰਸ਼ ਤੇ ਮਹਿਲਾ ਪਲਾਟੂਨਾਂ, ਪੀ.ਆਰ.ਟੀ.ਸੀ. ਜਹਾਨਖੇਲਾਂ ਦੀ ਪਲਾਟੂਨ ਅਤੇ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. (NCC) ਕੈਡਿਟਾਂ ਨੇ ਭਾਗ ਲਿਆ। ਸਾਰੀਆਂ ਪਲਾਟੂਨਾਂ ਵੱਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਸਟੇਜ ਦੇ ਸਾਹਮਣਿਓਂ ਅਨੁਸ਼ਾਸਿਤ ਤੇ ਪ੍ਰਭਾਵਸ਼ਾਲੀ ਢੰਗ ਨਾਲ ਮਾਰਚ ਪਾਸਟ ਕੀਤਾ ਗਿਆ।

ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ:

ਸਮਾਗਮ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਅਮੀਰ ਵਿਰਸੇ ਨੂੰ ਦਰਸਾਉਂਦੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਇਹ ਸਾਰੇ ਪ੍ਰੋਗਰਾਮ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਜੀਤ ਵਾਲੀਆ ਦੀ ਯੋਗ ਅਗਵਾਈ ਅਤੇ ਨਿਗਰਾਨੀ ਹੇਠ ਬੇਹੱਦ ਸੁਚੱਜੇ ਤੇ ਸਫ਼ਲ ਢੰਗ ਨਾਲ ਕਰਵਾਏ ਗਏ, ਜਿਸ ਸਦਕਾ ਸਮੁੱਚੇ ਪ੍ਰਬੰਧ ਸ਼ਲਾਘਾਯੋਗ ਰਹੇ। ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਦੇਸ਼ ਭਗਤੀ ਦੇ ਜਜ਼ਬੇ ਨੂੰ ਦਰਸ਼ਕਾਂ ਵੱਲੋਂ ਭਰਪੂਰ ਦਾਦ ਦਿੱਤੀ ਗਈ।

ਪੁਖ਼ਤਾ ਸੁਰੱਖਿਆ ਪ੍ਰਬੰਧ:

ਸਮਾਗਮ ਨੂੰ ਸ਼ਾਂਤੀਪੂਰਨ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਏ.ਡੀ.ਜੀ.ਪੀ. (ਪ੍ਰੋਵੀਜ਼ਨਿੰਗ, ਚੰਡੀਗੜ੍ਹ) ਸ੍ਰੀ ਨਾਗੇਸ਼ਵਰ ਰਾਓ (ਆਈ.ਪੀ.ਐਸ.) ਅਤੇ ਕਮਿਸ਼ਨਰ ਆਫ਼ ਪੁਲਿਸ ਜਲੰਧਰ ਸ੍ਰੀ ਸਵਿੰਦਰ ਸਿੰਘ (ਆਈ.ਪੀ.ਐਸ.) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਖ਼ਤਾ ਸੁਰੱਖਿਆ ਇੰਤਜ਼ਾਮ ਕੀਤੇ ਗਏ ਸਨ। ਸੀਨੀਅਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਵਿੱਚ ਪਹਿਲਾਂ ਤੋਂ ਹੀ ਤਾਲਮੇਲ ਮੀਟਿੰਗਾਂ ਅਤੇ ਜਾਂਚ ਮੁਹਿੰਮਾਂ ਚਲਾਈਆਂ ਗਈਆਂ ਸਨ, ਜਿਸ ਸਦਕਾ ਸਮੁੱਚਾ ਸਮਾਗਮ ਪੂਰਨ ਅਮਨ-ਅਮਾਨ ਅਤੇ ਸੁਰੱਖਿਅਤ ਮਾਹੌਲ ਵਿੱਚ ਸੰਪੰਨ ਹੋਇਆ।

ਸਹਾਇਤਾ ਵੰਡ ਅਤੇ ਸਨਮਾਨ ਸਮਾਰੋਹ:

ਆਪਣੇ ਸੰਬੋਧਨ ਦੇ ਅੰਤ ਵਿੱਚ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਆਜ਼ਾਦੀ ਦੇ ਮਹਾਨ ਪਰਵਾਨਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸਮੂਹ ਪ੍ਰਬੰਧਕੀ ਟੀਮਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਲੋੜਵੰਦ ਵਿਧਵਾਵਾਂ ਨੂੰ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣਾਉਣ ਦੇ ਮਕਸਦ ਨਾਲ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ। ਇਸ ਦੇ ਨਾਲ ਹੀ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਵਾਲੇ ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *