‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ 18 ਮਹੀਨਿਆਂ ਦੇ ਕਾਰਜਕਾਲ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸ ਮੁਖੀ ਫੈਸਲੇ ਲਏ ਹਨ। ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਸੂਬਾ ਸਰਕਾਰ ਦੀਆਂ ਉਪਲਬਧੀਆਂ ਪੜਾਅਵਾਰ ਗਿਣਾਈਆਂ। ਉਹਨਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਕਾਰਨ ਪੰਜਾਬ ਅੱਜ ਹਰੇਕ ਖ਼ੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿੱਤੀ ਸੂਝ-ਬੂਝ ਨਾਲ ਲਏ ਕਈ ਫੈਸਲਿਆਂ ਨਾਲ ਸੂਬੇ ਦਾ ਆਪਣਾ ਕਰ ਮਾਲੀਆ ਵਧ ਕੇ 13.2 ਫੀਸਦੀ ਹੋ ਗਿਆ। ਸੂਬਾ ਸਰਕਾਰ ਨੇ 20 ਤੋਂ 30 ਸਾਲਾਂ ਤੋਂ ਖ਼ਾਲੀ ਪਏ 15 ਹਜ਼ਾਰ ਖ਼ਾਲਾਂ ਵਿੱਚੋਂ ਇਕ ਸਾਲ ਦੇ ਅੰਦਰ-ਅੰਦਰ 13,471 ਖ਼ਾਲ ਦੁਬਾਰਾ ਚਲਾਏ ਹਨ। ਮੁੱਖ ਮੰਤਰੀ ਨੇ ਕਿਹਾ ਕਿ 16 ਸਾਲਾਂ ਤੋਂ ਲਟਕ ਰਿਹਾ ਕੰਡੀ ਕੈਨਾਲ ਪ੍ਰਾਜੈਕਟ ਵੀ 90 ਫੀਸਦੀ ਤੱਕ ਸੁਰਜੀਤ ਕਰ ਦਿੱਤਾ ਗਿਆ ਹੈ ਅਤੇ ਪਹਿਲੀ ਦਫ਼ਾ ਇਹ ਨਹਿਰ 90 ਫੀਸਦੀ ਤੋਂ ਵੱਧ ਸਮਰੱਥਾ ਉੱਤੇ ਚੱਲੀ। ਉਨ੍ਹਾਂ ਸਰਕਾਰ ਨੇ ਸਿਰਫ਼ 18 ਮਹੀਨਿਆਂ ਵਿੱਚ ਹੀ 37,100 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸਰਕਾਰ ਦੀ ਇਸ ਪਹਿਲਕਦਮੀ ਨਾਲ ਹੁਣ ਤੱਕ 12,351 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਨਿਯਮਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਔਸਤਨ ਦੋ ਤੋਂ ਤਿੰਨ ਗੁਣਾ ਵਾਧਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਨੇ ਸਾਲ 2022-23 ਦੌਰਾਨ 2.98 ਲੱਖ ਐਮ.ਐਸ.ਐਮ.ਈਜ਼ ਦੀ ਰਜਿਸਟਰੇਸ਼ਨ ਨਾਲ ਉੱਤਰੀ ਭਾਰਤ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਕੈਬਨਿਟ ਰੈਂਕ ਦੇ ਵਿਅਕਤੀਆਂ ਦੀ ਅਗਵਾਈ ਹੇਠ 26 ਪ੍ਰਮੁੱਖ ਉਦਯੋਗਿਕ ਸੈਕਟਰਾਂ ਲਈ ਉਦਯੋਗਿਕ ਸਲਾਹਕਾਰ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ। 2023 ਦੌਰਾਨ ਦਰਾਮਦ ਕੀਤੇ ਗਏ ਕੋਲੇ ਦੀ ਵਰਤੋਂ ਨਹੀਂ ਕੀਤੀ ਗਈ ਅਤੇ ਪਛਵਾੜਾ ਕੋਲਾ ਖਾਨ ਦੇ ਚਾਲੂ ਹੋਣ ਨਾਲ ਹਰ ਸਾਲ 600 ਕਰੋੜ ਰੁਪਏ ਦੀ ਬੱਚਤ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਦੇ ਪਹਿਲੇ ਸਾਲ ਦੌਰਾਨ 8358 ਵਿਦਿਆਰਥੀਆਂ ਨੇ ਇਨ੍ਹਾਂ ਸਕੂਲਾਂ ਵਿੱਚ ਦਾਖਲਾ ਲਿਆ ਹੈ। ਅਪ੍ਰੈਲ 2022 ਤੋਂ ਸਕੂਲ ਸਿੱਖਿਆ ਵਿਭਾਗ ਵਿੱਚ 9518 ਅਧਿਆਪਕ ਭਰਤੀ ਕੀਤੇ ਗਏ ਹਨ। ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇੱਕ ਵੱਡਾ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹੁਣ ਤੱਕ 2149 ਵੱਡੀਆਂ ਮੱਛੀਆਂ (ਵੱਡੇ ਤਸਕਰਾਂ) ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਣਨ ਤੋਂ ਬਾਅਦ ਹੁਣ ਹਰ ਸਾਲ ਇਹ ਭਰਤੀ ਕੀਤੀ ਜਾਵੇਗੀ ਅਤੇ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕੀਤੇ ਜਾਣਗੇ। ਉਹਨਾਂ ਕਿਹਾ ਕਿ ਕਿਸੇ ਸਿਪਾਹੀ ਦੀ ਡਿਊਟੀ ਦੌਰਾਨ ਮੌਤ ਹੋਣ ਦੀ ਸੂਰਤ ਵਿੱਚ ਐਕਸ-ਗ੍ਰੇਸ਼ੀਆ ਗ੍ਰਾਂਟ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਐਚ.ਡੀ.ਐਫ.ਸੀ. ਬੈਂਕ ਵੱਲੋਂ 1 ਕਰੋੜ ਰੁਪਏ ਵੱਖਰੇ ਤੌਰ ‘ਤੇ ਦਿੱਤੇ ਜਾਂਦੇ ਹਨ। ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਅਤੇ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ 2022 ਵਿੱਚ “ਖੇਡਾਂ ਵਤਨ ਪੰਜਾਬ ਦੀਆਂ” ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਸਰਕਾਰ ਨੇ 16 ਮਾਰਚ, 2022 ਤੋਂ ਸ਼ਹੀਦ ਸੈਨਿਕਾਂ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਗ੍ਰਾਂਟ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 15 ਜੂਨ, 2022 ਨੂੰ ਦਿੱਲੀ ਹਵਾਈ ਅੱਡੇ ਲਈ ਸਰਕਾਰੀ ਵੌਲਵੋ ਬੱਸ ਸੇਵਾ ਮੁੜ ਸ਼ੁਰੂ ਕੀਤੀ ਅਤੇ ਇਸ ਵੇਲੇ 19 ਬੱਸਾਂ ਚੱਲ ਰਹੀਆਂ ਹਨ।…
